ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਪਹਿਲਾਂ ਹੀ ਸੰਕਟ ਦੇ ਸੰਕੇਤ ਦਿਖਾ ਚੁੱਕੀ ਹੈ ਅਤੇ ਜਿਸ ਤਰ੍ਹਾਂ ਕੇਜਰੀਵਾਲ ਨੇ ਪਾਰਟੀ ਦੇ ਸਾਰੇ ਵਿਧਾਇਕਾਂ, ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀਆਂ ਨੂੰ ਦਿੱਲੀ ਬੁਲਾਇਆ ਹੈ, ਉਸ ਤੋਂ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿਚ 'ਆਪ' ਦਾ 'ਘਰ-ਘਰ' ਜਲਦੀ ਹੀ ਢਹਿ-ਢੇਰੀ ਹੋ ਜਾਵੇਗਾ। ਚੁੱਘ ਨੇ ਕਿਹਾ ਕਿ ਕੇਜਰੀਵਾਲ ਵੱਲੋਂ ਦਿੱਲੀ 'ਚ ਆਯੋਜਿਤ ਕੀਤੇ ਗਏ ਦਰਬਾਰ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਨਾ ਸਿਰਫ ਪੰਜਾਬ ਦੇ ਵਿਧਾਇਕਾਂ ਨੂੰ ਆਪਣੇ ਕੰਟਰੋਲ 'ਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਸਗੋਂ ਇਹ ਲੋਕਤੰਤਰ 'ਤੇ ਥੱਪੜ ਹੈ ਅਤੇ ਇਸ ਨਾਲ ਉਨ੍ਹਾਂ ਦੇ ਡੁੱਬਦੇ ਜਹਾਜ਼ ਨੂੰ ਬਚਾਉਣ 'ਚ ਕੋਈ ਮਦਦ ਨਹੀਂ ਮਿਲਣ ਵਾਲੀ।
ਮੀਡੀਆ ਨਾਲ ਗੱਲਬਾਤ ਕਰਦਿਆਂ ਚੁੱਘ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਮਾਡਲ ਮਾਫੀਆ ਅਤੇ ਗੈਂਗਸਟਰਾਂ ਦਾ ਮਾਡਲ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਪੂਰੀ ਤਰ੍ਹਾਂ ਅਸਫਲਤਾ ਅਤੇ ਮਾਈਨਿੰਗ ਅਤੇ ਗੈਂਗਸਟਰ ਮਾਫੀਆ ਦੇ ਚੱਲਣ ਕਾਰਨ ਪੰਜਾਬ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਤੋਂ ਕੋਈ ਉਮੀਦ ਨਹੀਂ ਹੈ। ਚੁੱਘ ਨੇ ਕਿਹਾ ਕਿ ਕੇਜਰੀਵਾਲ ਨੇ ਸਿਰਫ ਦਿੱਲੀ ਅਤੇ ਹੋਰ ਸੂਬਿਆਂ ਵਿਚ ਆਪਣਾ ਅਕਸ ਬਣਾਉਣ ਲਈ ਪੰਜਾਬ ਨੂੰ ਲੁੱਟਿਆ ਹੈ। ਹੁਣ ਪੰਜਾਬ ਦੇ ਲੋਕ ਸਮਝ ਗਏ ਹਨ ਕਿ 'ਆਪ' ਸਿਰਫ ਧੋਖੇਬਾਜ਼ਾਂ ਅਤੇ ਘੁਟਾਲੇਬਾਜ਼ਾਂ ਦੀ ਪਾਰਟੀ ਹੈ।
ਚੁੱਘ ਨੇ ਦਿੱਲੀ 'ਚ ਕੇਜਰੀਵਾਲ ਦੇ ਦਰਬਾਰ 'ਚ ਸ਼ਾਮਲ ਹੋਣ ਵਾਲੇ 'ਆਪ' ਦੇ ਸਾਰੇ ਵਿਧਾਇਕਾਂ ਦੀ ਕਾਰਵਾਈ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ ਸਰਕਾਰੀ ਖਜ਼ਾਨੇ 'ਤੇ ਭਾਰੀ ਬੋਝ ਪਿਆ ਹੈ ਬਲਕਿ ਇਹ ਵੀ ਦਰਸਾਉਂਦਾ ਹੈ ਕਿ ਕੇਜਰੀਵਾਲ ਦੀ ਅਗਵਾਈ ਹੇਠ 'ਆਪ' ਤਾਨਾਸ਼ਾਹੀ ਢੰਗ ਨਾਲ ਕੰਮ ਕਰ ਰਹੀ ਹੈ। ਚੁੱਘ ਨੇ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ਕਾਊਂਟਡਾਊਨ ਸ਼ੁਰੂ ਹੋ ਗਈ ਹੈ ਕਿਉਂਕਿ ਸੂਬੇ ਦੇ ਸਾਰੇ ਲੋਕ ਪਾਰਟੀ ਅਤੇ ਇਸ ਦੀ ਲੀਡਰਸ਼ਿਪ ਤੋਂ ਨਿਰਾਸ਼ ਹਨ। ਚੁੱਘ ਨੇ ਕਿਹਾ ਕਿ ਪੰਜਾਬ 'ਚ 'ਆਪ' ਸਰਕਾਰ ਡਿੱਗਣ 'ਚ ਕੁਝ ਹੀ ਸਮੇਂ ਦੀ ਗੱਲ ਹੈ।