ਪਟਿਆਲਾ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਹ ਨਸ਼ਿਆਂ ਦੇ ਕਾਰੋਬਾਰ ਨੂੰ ਨਹੀਂ ਛੱਡਦੇ ਤਾਂ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਜਾਣਾ ਪਵੇਗਾ। ਉਨ੍ਹਾਂ ਨੇ ਪੁਲਿਸ ਅਤੇ ਸਰਪੰਚਾਂ ਨੂੰ ਨਸ਼ਿਆਂ ਦੇ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ।
ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਸਬੰਧ ਵਿੱਚ ਸੋਮਵਾਰ ਨੂੰ ਪਟਿਆਲਾ ਵਿੱਚ ਇੱਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਪਟਿਆਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨਸ਼ਾ ਤਸਕਰਾਂ ਨੂੰ ਵੀ ਸਖ਼ਤ ਚਿਤਾਵਨੀ ਦਿੱਤੀ।
ਮੀਡੀਆ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਮਝਣਾ ਚਾਹੀਦਾ ਹੈ ਕਿ ਜੇਕਰ ਉਹ ਇਸ ਧੰਦੇ ਨੂੰ ਛੱਡਣ ਲਈ ਤਿਆਰ ਨਹੀਂ ਹਨ ਤਾਂ ਉਨ੍ਹਾਂ ਨੂੰ ਪੰਜਾਬ ਛੱਡ ਦੇਣਾ ਚਾਹੀਦਾ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਉਨ੍ਹਾਂ ਪਿੰਡ ਦੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਵੀ ਚੇਤਾਵਨੀ ਦਿੱਤੀ ਜੋ ਨਸ਼ਾ ਤਸਕਰਾਂ ਨੂੰ ਜ਼ਮਾਨਤ ਦਿੰਦੇ ਹਨ। ਉਨ੍ਹਾਂ ਸਪੱਸ਼ਟ ਤੌਰ 'ਤੇ ਕਿਹਾ ਕਿ ਜੇਕਰ ਇਹ ਆਗੂ ਨਸ਼ਿਆਂ ਦੇ ਕਾਰੋਬਾਰ ਵਿਚ ਮਦਦ ਕਰਦੇ ਹਨ ਤਾਂ ਉਨ੍ਹਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।
ਪੰਜਾਬ ਪੁਲਿਸ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਮੰਦਰ 'ਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਨੇ ਸ਼ਾਨਦਾਰ ਮੁਕਾਬਲਾ ਕੀਤਾ, ਜਿਸ ਤੋਂ ਸਾਬਤ ਹੁੰਦਾ ਹੈ ਕਿ ਜੋ ਵੀ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰੇਗਾ, ਪੰਜਾਬ ਪੁਲਿਸ ਉਸ ਦਾ ਢੁਕਵਾਂ ਜਵਾਬ ਦੇਵੇਗੀ।
ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪੁਲਿਸ ਨੇ ਨਸ਼ਿਆਂ ਵਿਰੁੱਧ ਜੰਗ ਛੇੜ ਦਿੱਤੀ ਹੈ। ਇਹ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਨਸ਼ਿਆਂ ਦਾ ਕਾਰੋਬਾਰ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਦੌਰਾਨ ਪੰਜਾਬ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਾਫ਼ੀ ਵਾਧਾ ਹੋਇਆ ਸੀ ਪਰ ਹੁਣ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਅਰੋੜਾ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਨਸ਼ਾ ਤਸਕਰਾਂ ਦਾ ਇੱਕ ਨੈੱਟਵਰਕ ਬਣਾਇਆ ਗਿਆ ਸੀ, ਜਿਸ ਵਿੱਚ ਕੁਝ ਰਾਜਨੀਤਿਕ ਆਗੂ, ਪੁਲਿਸ ਅਧਿਕਾਰੀ ਅਤੇ ਟਰੱਕ ਤਸਕਰ ਸ਼ਾਮਲ ਸਨ। ਇਸ ਨੈੱਟਵਰਕ ਨੇ ਪੰਜਾਬ ਨੂੰ ਨਸ਼ਿਆਂ ਦੀ ਲਪੇਟ ਵਿੱਚ ਪਾ ਦਿੱਤਾ ਸੀ। ਪਰ ਹੁਣ ਪੰਜਾਬ ਸਰਕਾਰ ਇਸ 'ਤੇ ਸਖਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਾ ਤਸਕਰਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।