ਚੰਡੀਗੜ੍ਹ ਦੇ ਮੇਅਰ ਨੇ ਵਿੱਤੀ ਸੰਕਟ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਨਗਰ ਨਿਗਮ ਦੇ ਵਿੱਤੀ ਸੰਕਟ ਬਾਰੇ ਗੱਲਬਾਤ ਕੀਤੀ। ਉਨ੍ਹਾਂ ਨੇ ਕੇਂਦਰ ਸਰਕਾਰ ਤੋਂ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਤਾਂ ਜੋ ਜ਼ਰੂਰੀ ਸਿਵਲ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਚੰਡੀਗੜ੍ਹ ਦੀ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਸੋਮਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਨਗਰ ਨਿਗਮ ਦੇ ਗੰਭੀਰ ਵਿੱਤੀ ਸੰਕਟ ਬਾਰੇ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਕਾਰਪੋਰੇਸ਼ਨ ਦੀਆਂ ਮੌਜੂਦਾ ਵਿੱਤੀ ਚੁਣੌਤੀਆਂ ਤੋਂ ਜਾਣੂ ਕਰਵਾਇਆ ਅਤੇ ਜ਼ਰੂਰੀ ਸਿਵਲ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕੇਂਦਰ ਸਰਕਾਰ ਤੋਂ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕੀਤੀ।
ਮੇਅਰ ਬਬਲਾ ਨੇ ਮੀਟਿੰਗ ਵਿੱਚ ਸਪੱਸ਼ਟ ਕੀਤਾ ਕਿ ਕੇਂਦਰ ਸ਼ਾਸਤ ਪ੍ਰਦੇਸ਼ ਹੋਣ ਦੇ ਨਾਤੇ ਚੰਡੀਗੜ੍ਹ ਬੁਨਿਆਦੀ ਢਾਂਚੇ ਦੇ ਵਿਕਾਸ, ਸਵੱਛਤਾ ਅਤੇ ਲੋਕ ਭਲਾਈ ਸਕੀਮਾਂ ਲਈ ਕੇਂਦਰ ਸਰਕਾਰ ਤੋਂ ਮਿਲਣ ਵਾਲੀਆਂ ਗ੍ਰਾਂਟਾਂ 'ਤੇ ਨਿਰਭਰ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਲੋੜਾਂ ਵਿੱਚ ਵਾਧਾ ਅਤੇ ਮੌਜੂਦਾ ਵਿੱਤੀ ਸੀਮਾਵਾਂ ਨਾਗਰਿਕ ਸਹੂਲਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਵਿੱਚ ਮੁਸ਼ਕਲਾਂ ਪੈਦਾ ਕਰ ਰਹੀਆਂ ਹਨ, ਜਿਸ ਲਈ ਕੇਂਦਰ ਸਰਕਾਰ ਦੇ ਦਖਲ ਦੀ ਲੋੜ ਹੈ।
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੇਅਰ ਦੀਆਂ ਚਿੰਤਾਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਸ ਮੁੱਦੇ ਦੀ ਪਹਿਲ ਦੇ ਅਧਾਰ 'ਤੇ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਚੰਡੀਗੜ੍ਹ ਨਗਰ ਨਿਗਮ ਦੀ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਲੋੜੀਂਦੀ ਸਹਾਇਤਾ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਜ਼ਾਹਰ ਕੀਤੀ। ਮੇਅਰ ਹਰਪ੍ਰੀਤ ਕੌਰ ਬਬਲਾ ਨੇ ਗ੍ਰਹਿ ਮੰਤਰੀ ਦਾ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਚੰਡੀਗੜ੍ਹ ਨਗਰ ਨਿਗਮ ਨੂੰ ਸ਼ਹਿਰ ਦੇ ਨਾਗਰਿਕਾਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣ ਲਈ ਛੇਤੀ ਹੀ ਲੋੜੀਂਦੀ ਵਿੱਤੀ ਸਹਾਇਤਾ ਮਿਲੇਗੀ।